ਕਤਲ ਮਾਮਲੇ ‘ਚ ਸਾਬਕਾ ਡੀਜੀਪੀ ਪੰਜਾਬ ਖ਼ਿਲਾਫ਼ ਚਾਰਜਸ਼ੀਟ ਦਾਇਰ
ਪੰਜਾਬੀ ਡੈਸਕ :- ਮੁਹਾਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ 29 ਸਾਲਾ ਆਈਏਐਸ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ। 500 ਪੇਜਾਂ ਦੀ ਚਾਰਜਸ਼ੀਟ ‘ਚ 47 ਲੋਕਾਂ ਨੂੰ ਗਵਾਹ ਬਣਾਇਆ ਗਿਆ ਹੈ। ਸੈਣੀ ਖਿਲਾਫ ਆਈਪੀਸੀ ਦੀ ਧਾਰਾ 302, 364, 201, 344, 330, 219 ਅਤੇ 120 ਦੇ ਤਹਿਤ ਮਾਮਲਾ ਦਰਜ ਦਰਜ ਕੀਤਾ ਗਿਆ ਹੈ।

ਇਸ ਮਾਮਲੇ ‘ਚ ਸਾਬਕਾ ਥਾਣੇਦਾਰ ਇੰਸਪੈਕਟਰ ਜਗੀਰ ਸਿੰਘ ਅਤੇ ਥਾਣੇਦਾਰ ਕੁਲਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਇਆ ਗਿਆ ਹੈ। ਸੁਮੇਧ ਸੈਣੀ ਨੂੰ 22 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸੁਮੇਧ ਸੈਣੀ ਨਾ ਤਾਂ ਅਜੇ ਇਸ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਸਾਹਮਣੇ ਪੇਸ਼ ਹੋਏ ਹਨ ਅਤੇ ਨਾ ਹੀ ਉਨ੍ਹਾਂ ਅਦਾਲਤ ‘ਚ ਬੌਂਡ ਭਰਿਆ ਹੈ। ਕਾਨੂੰਨੀ ਮਾਹਰਾਂ ਦੇ ਅਨੁਸਾਰ, ਜ਼ਮਾਨਤ ਬਾਂਡ ਚਾਰਜਸ਼ੀਟ ਦਾਖਲ ਕਰਨ ਤੋਂ ਬਾਅਦ ਕਿਸੇ ਵੀ ਸਮੇਂ ਭਰੇ ਜਾ ਸਕਦੇ ਹਨ।
ਜਾਣੋ ਕੀ ਹੈ ਪੂਰਾ ਮਾਮਲਾ
ਕੇਸ 1990 ਦਾ ਹੈ। ਉਸ ਸਮੇਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਸਨ। 1991 ‘ਚ ਉਨ੍ਹਾਂ ‘ਤੇ ਇਕ ਅੱਤਵਾਦੀ ਹਮਲਾ ਹੋਇਆ ਸੀ। ਉਸ ਹਮਲੇ ਵਿੱਚ ਸੈਣੀ ਦੀ ਸੁਰੱਖਿਆ ਕਰ ਰਹੇ ਚਾਰ ਪੁਲਿਸ ਕਰਮਚਾਰੀ ਮਾਰੇ ਗਏ ਸਨ, ਜਦਕਿ ਸੈਣੀ ਵੀ ਜ਼ਖਮੀ ਹੋਏ ਸੀ। ਉਸ ਕੇਸ ਦੇ ਸਬੰਧ ‘ਚ ਪੁਲਿਸ ਨੇ ਸੈਣੀ ਦੇ ਆਦੇਸ਼ ‘ਤੇ ਸਾਬਕਾ ਆਈ.ਏ.ਐੱਸ. ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕੀਤਾ ਸੀ।

ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਰੱਖਿਆ ਅਤੇ ਫਿਰ ਬਾਅਦ ਵਿੱਚ ਕਿਹਾ ਕਿ ਉਹ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ ਹੈ। ਇਸ ਦੇ ਨਾਲ ਹੀ ਰਿਸ਼ਤੇਦਾਰਾਂ ਨੇ ਦੱਸਿਆ ਕਿ ਬਲਵੰਤ ਦੀ ਮੌਤ ਪੁਲਿਸ ਤਸ਼ੱਦਦ ਕਾਰਨ ਹੋਈ। ਸੈਣੀ ਅਤੇ ਹੋਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 364, 201, 344, 330 ਅਤੇ 120 ਬੀ ਤਹਿਤ ਕੇਸ ਦਰਜ ਹੈ।