ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਖਾਲਿਸਤਾਨੀ ਕਹਿਣ ‘ਤੇ ਭੜਕੇ ਅਕਾਲ ਤਖ਼ਤ ਦੇ ਜੱਥੇਦਾਰ
ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਕਹੇ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਸਖਤ ਰਵਈਆ ਅਪਣਾਇਆ ਹੈ। ਦਸ ਦਈਏ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਕਿਸਾਨੀ ਲਹਿਰ ਨੂੰ ਬਦਨਾਮ ਕਰਨ ਲਈ ਖਾਲਿਸਤਾਨ ਨਾਲ ਜੋੜਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਵੀ ਕਿਸਾਨਾਂ ਨੂੰ ਦੇਸ਼ ਵਿਰੋਧੀ ਸਾਬਤ ਕਰਨ ਦੀ ਸਾਜਿਸ਼ ਵਿੱਚ ਸ਼ਾਮਲ ਹਨ। ਇਹ ਸਾਜਿਸ਼ ਬਹੁਤ ਮੰਦਭਾਗੀ ਹੈ। ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਇਸ ਕਿਸਮ ਦੀ ਸਾਜਿਸ਼ ਦੇਸ਼ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੀ ਹਦੂਦ ‘ਚ ਸਥਿਤ ਆਪਣੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਸਰਕਾਰਾਂ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਂਦੀਆਂ ਹਨ। ਜਿਨ੍ਹਾਂ ਕਾਨੂੰਨਾਂ ਨੂੰ ਲੋਕ-ਪੱਖੀ ਦੱਸਿਆ ਜਾਂਦਾ ਹੈ, ਜੇ ਉਹ ਕਾਨੂੰਨ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਸਮਾਜ ਦੇ ਹੋਰ ਵਰਗਾਂ ਦੁਆਰਾ ਮਨਜ਼ੂਰ ਨਹੀਂ ਕੀਤੇ ਜਾਂਦੇ ਤਾਂ ਅਜਿਹੇ ਕਾਨੂੰਨ ਨੂੰ ਵਾਪਸ ਲੈਣ ‘ਤੇ ਸਰਕਾਰ ਨੂੰ ਗੁਰੇਜ ਨਹੀਂ ਕਰਨਾ ਚਾਹੀਦਾ ਹੈ।ਜਿਹੜੇ ਕਾਨੂੰਨ ਤੋਂ ਦੇਸ਼ ਖੁਸ਼ ਨਹੀਂ ਅਜਿਹੇ ਕਾਨੂੰਨ ਨੂੰ ਲਾਗੂ ਕਰਨ ਦਾ ਕੋਈ ਲਾਭ ਨਹੀਂ ਹੈ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ,ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਕਿਸਾਨ ਜੱਥੇਬੰਦੀਆਂ ਅਤੇ ਖੇਤੀ ਮਾਹਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਸੀ। ਕਾਨੂੰਨ ਬਾਰੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਵਿਚਾਰ ਵਟਾਂਦਰੇ ਕੀਤੇ ਜਾਣੇ ਚਾਹੀਦੇ ਸਨ। ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।