ਪੰਜਾਬ ਯੂਥ ਕਾਂਗਰਸ ਕਿਸਾਨਾਂ ਨਾਲ, ਹਰ ਸੰਭਵ ਸਹਾਇਤਾ ਦੇਣ ਦਾ ਕੀਤਾ ਵਾਅਦਾ

ਪੰਜਾਬੀ ਡੈਸਕ:- ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਹਾਇਤਾ ਵਿੱਚ, ਪੰਜਾਬ ਯੂਥ ਕਾਂਗਰਸ ਨੇ ਐਲਾਨ ਕੀਤਾ ਹੈ ਕਿ,ਉਹ ਦਿੱਲੀ ਪਹੁੰਚਣ ਵਾਲੇ ਸਾਰੇ ਕਿਸਾਨਾਂ ਦੇ ਲੰਗਰ ਅਤੇ ਸਿਹਤ ਸਹੂਲਤਾਂ ਦਾ ਖਾਸ ਪ੍ਰਬੰਧ ਕਰੇਗੀ।ਦਸ ਦਈਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਬੁੱਧਵਾਰ ਸ਼ਾਮ ਤੋਂ ਆਪਣੀ ਟੀਮ ਸਮੇਤ ਦਿੱਲੀ ਵਿੱਚ ਡੇਰਾ ਲਾਇਆ ਹੋਇਆ ਹੈ। ਨਾਲ ਹੀ ਦਿੱਲੀ ਸਥਿਤ ਇੰਡੀਅਨ ਯੂਥ ਕਾਂਗਰਸ ਦਾ ਦਫਤਰ ਸਰਾਏ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।

ਮੀਡਿਆ ਤੋਂ ਮੁਖਾਤਿਬ ਹੁੰਦਿਆਂ ਢਿੱਲੋਂ ਨੇ ਦੱਸਿਆ ਕਿ, ਪੰਜਾਬ ਯੂਥ ਕਾਂਗਰਸ ਉਨ੍ਹਾਂ ਦੇ ਬਚਾਅ ਲਈ ਲੜ ਰਹੇ ਕਿਸਾਨਾਂ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਸੰਘਰਸ਼ ਦੌਰਾਨ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ, ਪੰਜਾਬ ਯੂਥ ਕਾਂਗਰਸ ਲੰਗਰ ਦੇ ਨਾਲ-ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਡਾਕਟਰੀ ਸੇਵਾਵਾਂ ਵੀ ਪ੍ਰਦਾਨ ਕਰੇਗੀ।

ਉਨ੍ਹਾਂ ਕਿਹਾ ਕਿਸਾਨਾਂ ਦੇ ਧਰਨੇ ਸਮੇਂ ਲੰਗਰ ਨਿਰੰਤਰ ਜਾਰੀ ਰਹੇਗਾ ਅਤੇ ਦਿੱਲੀ ਜਾਣ ਵਾਲੇ ਕਿਸਾਨਾਂ ਲਈ ਪ੍ਰਬੰਧ ਕੀਤੇ ਜਾਣਗੇ। ਇਸਦੇ ਨਾਲ ਹੀ ਪੰਜਾਬ ਯੂਥ ਕਾਂਗਰਸ ਦੀ ਤਰਫੋਂ ਦਿੱਲੀ ਜਾ ਰਹੇ ਕਿਸਾਨਾਂ ਦੇ ਰਹਿਣ ਲਈ ਵੀ ਉਚੇਚੇ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਬਰਿੰਦਰ ਢਿੱਲੋਂ ਨੇ ਪੰਜਾਬ ਦੇ ਸਮੂਹ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ, ਉਹ ਆਪਣੇ ਰਿਹਾਇਸ਼ ਵਿੱਚ ਕਿਸਾਨਾਂ ਦੇ ਰਹਿਣ ਲਈ ਪ੍ਰਬੰਧ ਕਰਨ।

MUST READ