ਫੌਤ ਹੋਏ ਕਿਸਾਨਾਂ ਦੇ ਪਰਿਵਾਰ ਦੀ ਮਦਦ ਲਈ “ਆਪ” ਨੇ ਵਧਾਇਆ ਹੱਥ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਨੇ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਪਿੰਡ ਖੱਟੜ (ਸਮਰਾਲਾ) ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ, ਠੰਡ ਅਤੇ ਦੁਰਘਟਨਾ ਦੌਰਾਨ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ, ਪਰ ਮੋਦੀ ਸਰਕਾਰ ਆਪਣੀ ਜ਼ਿੱਦ ਛੱਡਣ ਲਈ ਤਿਆਰ ਨਹੀਂ ਹੈ।

ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ ਮੰਗ ਕੀਤੀ ਹੈ ਕਿ, ਅੰਦੋਲਨ ਦੌਰਾਨ ਜੇਕਰ ਕੋਈ ਵੀ ਕਿਸਾਨ ਸ਼ਹੀਦ ਹੋ ਜਾਂਦਾ ਹੈ ਤਾਂ ਹਰ ਅਜਿਹੇ ਸ਼ਹੀਦ ਕਿਸਾਨ ਪਰਿਵਾਰ ਦੇ ਮੈਂਬਰ ਨੂੰ ਪੂਰਾ ਕਰਜ਼ਾ ਮੁਆਫ ਅਤੇ ਮੁਆਵਜ਼ਾ ਦਿੱਤਾ ਜਾਵੇ। ਸੰਧਵਾਂ ਨੇ ਦੱਸਿਆ ਕਿ ਪਾਰਟੀ ਦੇ ਫਾਰਮਰਜ਼ ਵਿੰਗ ਨੇ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਪ੍ਰਬੰਧ ਕੀਤਾ ਹੈ।

ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਇਸ ਕਿਸਾਨ ਅੰਦੋਲਨ ‘ਚ ਉਨ੍ਹਾਂ ਦੇ ਸਹਾਇਕ ਵਜੋਂ ਕੰਮ ਕਰ ਰਹੀ ਹੈ। ਇਸ ਦੇ ਤਹਿਤ ਪਾਰਟੀ ਦੀ ਤਰਫੋਂ, ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਲਈ 10 ਲੱਖ ਰੁਪਏ ਤੋਂ ਵੱਧ ਦੀ ਰਕਮ ਇਕੱਠੀ ਕੀਤੀ ਜਾ ਰਹੀ ਹੈ, ਜਿਸਦੀ ਪਿਛਲੇ ਦਿਨ ਹਾਦਸੇ ਵਿੱਚ ਮੌਤ ਹੋ ਗਈ ਸੀ।