ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥ ੧ ॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥ ੧ ॥ ਰਹਾਉ ॥
ਵਿਆਖਿਆ :- (ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ – ਠਾਰ ਹੋਇਆ ਹੈ ।੧। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ।੧।ਰਹਾਉ।07-04-25, ਅੰਗ:-817