ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥
ਵਿਆਖਿਆ :-ਹੇ ਮੂਰਖ ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧।ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ। 25-04-25, ਅੰਗ:-862