ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
ਵਿਆਖਿਆ :-ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।14-05-25, ਅੰਗ:-134