ਸਿੱਖਾਂ ਦਾ ਸਭ ਤੋਂ ਵੱਡਾ ਤਿਉਹਾਰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿੱਚ ਹੋਲਾ ਮਹੱਲਾ ਅੱਜ ਬੜੇ ਸ਼ਾਨੋ ਸ਼ੌਕਤ ਦੇ ਨਾਲ ਸ਼ੁਰੂ ਹੋਇਆ। ਖਾਲਸੇ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਅਤੇ ਗੁਰੂ ਸਾਹਿਬ ਦੀ ਪਵਿੱਤਰ ਛੋਹ ਪ੍ਰਾਪਤ ਸ੍ਰੀ ਅਨੰਦਪੁਰ ਸਾਹਿਬ ਦੀ ਨਗਰੀ ਵਿੱਚ ਅੱਜ ਤੋਂ ਛੇ ਦਿਨਾਂ ਦਾ ਜੋੜ ਮੇਲਾ ਸ਼ੁਰੂ ਹੋ ਗਿਆ। ਦੂਰ ਦੂਰ ਤੋ ਸਿੱਖ ਸੰਗਤ ਇਸ ਮੇਲੇ ਦੇ ਵਿੱਚ ਹਾਜ਼ਰੀ ਲਗਾਉਣ ਵਾਸਤੇ ਪਹੁੰਚ ਰਹੀ ਹੈ। ਅੱਜ ਇਸ ਦੀ ਆਰੰਭਤਾ ਵੇਲੇ ਨਗਾੜਿਆਂ ਦੀ ਗੂੰਜ ਤੇ ਜੈਕਾਰਿਆਂ ਦੀ ਗੂੰਜ ਦੇ ਨਾਲ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਨਗਰੀ ਗੂੰਜ ਉੱਠੀ।
ਇਸ ਮੌਕੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਲਈ ਪਹੁੰਚਿਆ ਹੋਇਆ ਹੈ। ਇਸ ਸਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ, ਉੱਥੇ ਹੀ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਆਉਣ ਵਾਲੀ ਸੰਗਤ ਦੀ ਸਹੂਲਤਾਂ ਲਈ ਤਿਆਰੀਆਂ ਕੀਤੀਆਂ ਗਈਆਂ ਹਨ।