ਲੁਧਿਆਣਾ ਵੀ ਬਣੀ ਪੰਜਾਬ ਦੀ ਹੌਟ ਸੀਟ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ’ਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਅਨੁਸਾਰ ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜੀਰਾ ਅਤੇ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਗਈ ਹੈ।
ਲੁਧਿਆਣਾ ਤੋਂ ਰਾਜਾ ਵੜਿੰਗ ਦੇ ਚੋਣ ਲੜਨ ਨਾਲ ਹੁਣ ਇਹ ਸੀਟ ਹੌਟ ਬਣ ਗਈ ਹੈ ਕਿਉਂਕਿ ਵੜਿੰਗ ਦਾ ਚੋਣ ਮੁਕਾਬਲਾ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨਾਲ ਹੋਵੇਗਾ। ਬਿੱਟੂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਭਾਜਪਾ ਨੇ ਬਿੱਟੂੁ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾ ਦਿੱਤਾ ਸੀ।
ਧਿਆਨ ਰਹੇ ਕਿ ਭਾਰਤ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਵੋਟਾਂ 7 ਗੇੜਾਂ ਵਿਚ ਪੈਣੀਆਂ ਹਨ। ਇਸੇ ਤਰ੍ਹਾਂ ਪੰਜਾਬ ਵਿਚ 7ਵੇਂ ਯਾਨੀ ਕਿ ਅਖੀਰਲੇ ਗੇੜ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ 7 ਗੇੜਾਂ ਦੀਆਂ ਵੋਟਾਂ ਤੋਂ ਬਾਅਦ ਨਤੀਜੇ 4 ਜੂਨ ਨੂੰ ਐਲਾਨੇ ਜਾਣੇ ਹਨ।