ਬਾਜਵਾ ਨੇ ਕਿਹਾ : ਨਵੇਂ ਚਿਹਰੇ ਵੀ ਜਲਦ ਕਾਂਗਰਸ ਪਾਰਟੀ ’ਚ ਹੋਣਗੇ ਸ਼ਾਮਲ
ਅੰਮਿ੍ਤਸਰ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੰਮਿ੍ਤਸਰ ’ਚ ਕਿਹਾ ਕਿ ਆਉਣ ਵਾਲੇ ਇਕ-ਦੋ ਦਿਨਾਂ ਵਿਚ ਨਵਜੋਤ ਸਿੰਘ ਸਿੱਧੂ ਅੰਮਿ੍ਤਸਰ ’ਚ ਨਜ਼ਰ ਆਉਣਗੇ ਅਤੇ ਉਹ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕਰਨਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਾਂਗਰਸ ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਛੱਡ ਕੇ ਜਾਣ ਵਾਲੇ ਆਗੂ ਸਕਿਉਰਿਟੀ ਅਤੇ ਮਹਿੰਗੀਆਂ ਗੱਡੀਆਂ ਦੇ ਲਾਲਚ ਵਿਚ ਆ ਗਏ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੀ ਗਿਣਤੀ ਵਿਚ ਆਗੂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਚੋਣਾਂ ਸਮੇਂ ਕਾਂਗਰਸ ਪਾਰਟੀ ਵਿਚ ਚੱਲ ਰਹੇ ਕਲੇਸ਼ ਸਬੰਧੀ ਬਾਜਵਾ ਨੇ ਕਿਹਾ ਕਿ ਪਾਰਟੀ ਵਿਚ ਕੋਈ ਵੀ ਆਗੂ ਨਰਾਜ਼ ਨਹੀਂ ਹੈ ਅਤੇ ਸਾਰੇ ਆਪੋ-ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਓ.ਪੀ. ਸੋਨੀ ਵੀ ਹਾਜ਼ਰ ਸਨ।