ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਡੀ ਗਿਣਤੀ ’ਚ ਮੌਜੂਦ ਸਾਹਿਤ ਪ੍ਰੇਮੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ੍ਰੀ ਡਾ. ਸੁਰਜੀਤ ਪਾਤਰ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ। ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸਮਸ਼ਾਨਘਾਟ ਵਿਖੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵੱਲੋਂ ਦਿੱਤੀ ਗਈ।
ਇਸ ਤੋਂ ਪਹਿਲਾਂ ਘਰ ਤੋਂ ਸ਼ੁਰੂ ਹੋਈ ਅੰਤਿਮ ਯਾਤਰਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ ਦਿੱਤਾ ਗਿਆ ਅਤੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਰਾਜਸਭਾ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਪੀਏਯੂ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ, ਮੁਹੰਮਦ ਸਦੀਕ ਤੋਂ ਇਲਾਵਾ ਸੁਰਜੀਤ ਪਾਤਰ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਮੌਜੂਦ ਸਨ। ਧਿਆਨ ਰਹੇ ਕਿ ਲੰਘੇ ਦਿਨੀਂ ਡਾ. ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਸੀ, ਜਿਸ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ ।