ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ॥
ਵਿਆਖਿਆ :- ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ।1। ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ। 1। ਰਹਾਉ।
30-05-24, ਅੰਗ:-497