ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਜਥਾ 30 ਜੂਨ ਪਰਤੇਗਾ ਦੇਸ਼
ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ।
ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਜਸਵਿੰਦਰ ਸਿੰਘ ਜੱਸੀ, ਬਿਜੇ ਸਿੰਘ ਤੇ ਹੋਰਨਾਂ ਅਧਿਕਾਰੀਆਂ ਵਲੋਂ ਸਿਰੋਪਾਓ ਦੇ ਕੇ ਰਵਾਨਾ ਕੀਤਾ ਗਿਆ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲਗਭਗ 500 ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਉਨ੍ਹਾਂ ਦੱਸਿਆ ਕਿ ਇਹ ਜਥਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਿਰਕਤ ਕਰਨ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਬਾਅਦ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ।