ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
ਵਿਆਖਿਆ:- ਹੇ ਭਗਵਾਨ! ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤ ਕਰਦਾ ਰਹਾਂ। ਨਾਨਾਕ ਆਖਦਾ ਹੈ ਕਿ ਹੇ ਭਗਵਾਨ! (ਮੇਰੇ ਉਤੇ ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ॥੧॥ ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ। ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। 25-07-24, ਅੰਗ :-459