ਜ਼ੈਸੰਕਰ ਨੇ ਸਰਬਪਾਰਟੀ ਮੀਟਿੰਗ ’ਚ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸਰਬ ਪਾਰਟੀ ਮੀਟਿੰਗ ਵਿਚ ਆਗੂਆਂ ਨੂੰ ਦੱਸਿਆ ਕਿ ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੱਦਦ ਦਾ ਭਰੋਸਾ ਦਿੰਦੇ ਹੋਏ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸਮਾਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿਚ ਰਾਖਵਾਂਕਰਨ ਵਿਰੋਧੀ ਹਿੰਸਕ ਪ੍ਰਦਰਸ਼ਨਾਂ ਦੇ ਚੱਲਦਿਆਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਚਾਨਕ ਅਸਤੀਫਾ ਦੇਣ ਅਤੇ ਦੇਸ਼ ਛੱਡਣ ਤੋਂ ਬਾਅਦ ਉਥੇ ਅਰਾਜਕਤਾ ਦੀ ਸਥਿਤੀ ਪੈਦਾ ਹੋ ਗਈ ਹੈ। ਸ਼ੇਖ ਹਸੀਨਾ ਫੌਜ ਦੇ ਹਵਾਈ ਜਹਾਜ਼ ਰਾਹੀਂ ਭਾਰਤ ਪਹੁੰਚ ਗਈ ਸੀ।
ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਜਾਣਕਾਰੀ ਦਿੰਦਿਆਂ ਜੈਸ਼ੰਕਰ ਨੇ ਦੱਸਿਆ ਕਿ ਭਾਰਤ ਗੁਆਂਢੀ ਦੇਸ਼ ਵਿਚ ਮੌਜੂਦ 10 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੰਗਲਾਦੇਸ਼ ਦੀ ਫੌਜ ਦੇ ਸੰਪਰਕ ਵਿਚ ਹੈ। ਸਰਬ ਪਾਰਟੀ ਮੀਟਿੰਗ ਵਿਚ ਦੋਵਾਂ ਸਦਨਾਂ ’ਚ ਵਿਰੋਧੀ ਧਿਰ ਦੇ ਨੇਤਾ ਵੀ ਮੌਜੂਦ ਰਹੇ।