ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਧਾਰਮਿਕ ਸਥਾਨਾਂ ’ਤੇ ਹੋਏ ਹਮਲਿਆਂ ਨੂੰ ਦੱਸਿਆ ਮੰਦਭਾਗਾ
ਅੰਮਿ੍ਤਸਰ/ਬਿਊਰੋ ਨਿਊਜ਼ : ਬੰਗਲਾਦੇਸ਼ ਵਿਚ ਹਿੰਦੂ ਭਾਈਚਾਰੇ ਦੇ ਘਰਾਂ ਅਤੇ ਮੰਦਰਾਂ ’ਤੇ ਹੋਏ ਹਮਲਿਆਂ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਬੰਗਲਾਦੇਸ਼ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਠੋਸ ਉਪਰਾਲੇ ਕੀਤੇ ਜਾਣ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਨੂੰ ਵੀ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਵੀ ਪਹਿਲੀ ਪਾਤਸ਼ਾਹੀ ਅਤੇ ਨੌਂਵੀਂ ਪਾਤਸ਼ਾਹੀ ਨਾਲ ਸੰਬੰਧਿਤ ਇਤਿਹਾਸਿਕ ਗੁਰਧਾਮ ਬੰਗਲਾਦੇਸ਼ ਵਿਚ ਹਨ, ਜਿਨ੍ਹਾਂ ਦੀ ਸੁਰੱਖਿਆ ਪ੍ਰਤੀ ਸਮੁੱਚੀ ਕੌਮ ਚਿੰਤਤ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵਿਚ ਸਮੁੱਚੀਆਂ ਘੱਟਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਠੋਸ ਯਤਨ ਹੋਣੇ ਚਾਹੀਦੇ ਹਨ।


