ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਹਜ਼ਾਰਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਕੁੱਲ 37 ਯੂਨੀਅਨਾਂ ਵੱਲੋਂ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਚ ਵੱਡਾ ਇਕੱਠ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀ ਨੀਤੀ ਨੂੰ ਲਾਗੂ ਕਰਨ ਵਿਚ ਨਾਕਾਮ ਰਹਿਣ ਦੇ ਵਿਰੋਧ ’ਚ ਕਿਸਾਨਾਂ ਵਲੋਂ ਇਹ ਪ੍ਰਦਰਸ਼ਨ ਉਲੀਕਿਆ ਗਿਆ ਹੈ।
ਦੱਸਣਯੋਗ ਹੈ ਕਿ ਬੀਕੇਯੂ (ਉਗਰਾਹਾਂ) ਜਥੇਬੰਦੀ ਨਾਲ ਸਬੰਧਤ ਕਿਸਾਨ ਤਿੰਨ ਦਿਨ ਚੱਲਣ ਵਾਲੇ ਮਾਨਸੂਨ ਸੈਸ਼ਨ ਲਈ ਅੱਜ ਸੋਮਵਾਰ ਨੂੰ ਇਕੱਠੇ ਹੋ ਕੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਗੇ। ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਹਿਰ ਦੇ ਵਿਚਕਾਰ ਸੈਕਟਰ 34 ਦੇ ਮੈਦਾਨ ਵਿਚ ਪ੍ਰਦਰਸ਼ਨ ਵਾਲੀ ਥਾਂ ’ਤੇ ਬਾਅਦ ਵਿੱਚ ਇੱਕ ‘ਮਹਾਪੰਚਾਇਤ’ ਕੀਤਾ ਜਾਵੇਗੀ। ਕਿਸਾਨਾਂ ਵਲੋਂ 5 ਸਤੰਬਰ ਤੱਕ ਇੱਥੇ ਹੀ ਰੁਕਣ ਦੀ ਉਮੀਦ ਹੈ, ਜਿਸ ਦੌਰਾਨ ਉਨ੍ਹਾਂ ਵੱਲੋਂ ਅਗਲਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ। ਇਸਦੇ ਚੱਲਦਿਆਂ ਚੰਡੀਗੜ੍ਹ ਪੁਲਿਸ ਨੇ ਇੱਕ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਕੁਝ ਰੂਟਾਂ ਤੋਂ ਬਚਣ ਲਈ ਕਿਹਾ ਹੈ।