ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਮਾੜੀ : ਕਾਂਗਰਸੀ ਆਗੂ ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਹਨ। ਬਾਜਵਾ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ’ਚ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਮਾੜੀ ਹੈ ਅਤੇ ਸੂਬੇ ਵਿਚ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਕੋਲ ਨੌਕਰੀ ਨਹੀਂ ਹੈ। ਬੇਅਦਬੀ ਤੇ ਬਹਿਬਲ ਕਲਾਂ ਮਾਮਲਿਆਂ ਵਿਚ ਵੀ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਕਿਸਾਨ ਧਰਨਿਆਂ ’ਤੇ ਹਨ, ਪਰ ਸਰਕਾਰ ਕੋਲ ਵਿਧਾਨ ਸਭਾ ਵਿਚ ਨਾ ਚਰਚਾ ਕਰਨ ਲਈ ਸਮਾਂ ਹੈ ਅਤੇ ਨਾ ਹੀ ਇਨ੍ਹਾਂ ਕੋਲ ਕੋਈ ਕੰਮ ਹੈ।