ਸ਼ਿਕਾਇਤਾਂ ਨਿਪਟਾਉਣ ’ਚ 5 ਅਧਿਕਾਰੀਆਂ ਨੇ ਵਰਤੀ ਸੀ ਢਿੱਲ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੁਲਿਸ ਨੇ ਆਪਣੇ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਇਨ੍ਹਾਂ ਖਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਲਾਪਰਵਾਹੀ ਵਰਤਣ ਦਾ ਆਰੋਪ ਹੈ ਅਤੇ ਇਨ੍ਹਾਂ ਅਧਿਕਾਰੀਆਂ ਖਿਲਾਫ਼ ਲੋਕਾਂ ’ਚ ਕਾਫ਼ੀ ਗੁੱਸਾ ਸੀ।
ਸਸਪੈਂਡ ਕੀਤੇ ਗਏ ਅਧਿਕਾਰੀਆਂ ’ਚ ਏਐਸਆਈ ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਹੈਡ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਆਰੀਅਨਪ੍ਰੀਤ ਸਿੰਘ ਅਤੇ ਏਐਸਆਈ/ਐਲਆਰ ਜਸਵਿੰਦਰ ਸਿੰਘ ਦਾ ਨਾਂ ਸ਼ਾਮਲ ਹੈ। ਜਲੰਧਰ ਦਿਹਾਤੀ ਦੇ ਐਸਐਸਪੀ ਹਰਪ੍ਰੀਤ ਸਿੰਘ ਖੱਖ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੰਜ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਐਸਐਸਪੀ ਨੇ ਅੱਗੇ ਦੱਸਿਆ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੀ ਪੁਲਿਸ ਲੋਕਾਂ ਦੀਆਂ ਭਾਵਨਾਵਾਂ ’ਤੇ ਖਰੀ ਨਹੀਂ ਉਤਰੀ।