ਰੂਪਨਗਰ ਜ਼ਿਲ੍ਹੇ ਦੇ ਪਿੰਡ ਝੱਜ ਦਾ ਰਹਿਣ ਵਾਲਾ ਸੀ ਸ਼ਹੀਦ ਬਲਜੀਤ ਸਿੰਘ
ਰੂਪਨਗਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਝੱਜ ਦਾ ਫੌਜੀ ਜਵਾਨ ਬਲਜੀਤ ਸਿੰਘ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਸ਼ਹੀਦ ਹੋ ਗਿਆ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ਹੀਦ ਬਲਜੀਤ ਸਿੰਘ ਆਪਣੇ ਸਾਥੀਆਂ ਦੇ ਨਾਲ ਗਸ਼ਤ ’ਤੇ ਸਨ ਅਤੇ ਇਸੇ ਦੌਰਾਨ ਉਨ੍ਹਾਂ ਦੀ ਗੱਡੀ ਡੂੰਘੀ ਖੱਡ ਵਿਚ ਜਾ ਡਿੱਗ ਗਈ ਅਤੇ ਬਲਜੀਤ ਸਿੰਘ ਸ਼ਹਾਦਤ ਦਾ ਜਾਮ ਪੀ ਗਿਆ ਅਤੇ ਉਨ੍ਹਾਂ ਦੇ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਸ਼ਹੀਦ ਬਲਜੀਤ ਦੀ ਮਿ੍ਰਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੀ ਤਾਂ ਪੂਰੇ ਪਿੰਡ ਵਿਚ ਸ਼ੋਕ ਦੀ ਲਹਿਰ ਦੌੜ ਗਈ। ਸ਼ਹੀਦ ਦੀ ਅੰਤਿਮ ਯਾਤਰਾ ਨੂਰਪੁਰ ਬੇਦੀ ਤੋਂ ਲੈ ਕੇ ਉਨ੍ਹਾਂ ਦੇ ਪਿੰਡ ਤੱਕ ਕੱਢੀ ਗਈ ਅਤੇ ਨਮ ਅੱਖਾਂ ਨਾਲ ਲੋਕਾਂ ਵੱਲੋਂ ਸ਼ਹੀਦ ਬਲਜੀਤ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ ਜਾ ਰਹੇ ਸਨ। ਸੈਨਾ ਦੇ ਜਵਾਨਾਂ ਵੱਲੋਂ ਸ਼ਹੀਦ ਬਲਜੀਤ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ, ਜਿਸ ਤੋਂ ਬਾਅਦ ਪੂਰੇ ਸਰਕਾਰੀ ਸਨਮਾਨਾਂ ਦੇ ਨਾਲ ਸ਼ਹੀਦ ਬਲਜੀਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ਹੀਦ ਬਲਜੀਤ ਸਿੰਘ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।