ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥
ਵਿਆਖਿਆ 🙁 ਪਰਮਾਤਮਾ ਦੇ ਪਿਆਰ ਵਿਚ ) ਰੰਗਿਆ ਹੋਇਆ ਮੇਰਾ ਮਨ ( ਜਿਉਂ ਜਿਉਂ ਪਰਮਾਤਮਾ ਦੇ ) ਗੁਣ ਚੇਤੇ ਕਰਦਾ ਹੈ ( ਤਿਉਂ ਤਿਉਂ ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ – ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ – ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ ( ਇਸ ਪੌੜੀ ਦੀ ਬਰਕਤਿ ਨਾਲ ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ – ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। ( ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ – ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। ਅੰਗ:-766