ਧਨਾਸਰੀ ਮਹਲਾ ੪ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਵਿਆਖਿਆ:-ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ| ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਅੰਗ:-670