ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥
ਵਿਆਖਿਆ :-ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ । ਰਹਾਉ। ਅੰਗ:-604