ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਵਿਆਖਿਆ :-ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। ( ਪਰਮਾਤਮਾ ਦੇ ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ ( ਇਹ ਮੇਹਰ ਕਰਨੀ ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। ਅੰਗ:-690

                                    
