ਪੰਜਾਬ ਸਰਕਾਰ ਵਲੋਂ ਡੱਲੇਵਾਲ ਦੀ ਸਿਹਤ ਸਬੰਧੀ ਅਪਡੇਟ ਅਦਾਲਤ ’ਚ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ’ਤੇ 25 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਵਕੀਲ ਨੇ ਡੱਲੇਵਾਲ ਦੀ ਸਿਹਤ ਨਾਲ ਸੰਬੰਧਿਤ ਅੱਪਡੇਟ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ।
ਇਸ ਸੰਬੰਧੀ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਹੈ ਕਿ ਕੱਲ੍ਹ ਅਸੀਂ ਡੱਲੇਵਾਲ ਦੇ ਸਾਰੇ ਟੈਸਟ ਕਰਵਾਏ ਸਨ। ਈ.ਸੀ.ਜੀ. ਨਾਰਮਲ ਸੀ, ਖੂਨ ਦੇ ਨਮੂਨੇ ਵੀ ਲਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਸਮੇਂ, ਅਜਿਹਾ ਲੱਗਦਾ ਹੈ ਕਿ ਸਥਿਤੀ ਸਾਡੇ ਕਾਬੂ ਹੇਠ ਹੈ। ਉਨ੍ਹਾਂ ਦੇ ਦਿਲ ’ਤੇ ਕੋਈ ਅਸਰ ਨਹੀਂ ਹੋਇਆ ਹੈ। ਇਸੇ ਦੌਰਾਨ ਅੱਜ ਫਿਰ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ।