ਸੰਗਰਾਂਦ ਮਾਘ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
ਵਿਆਖਿਆ :-ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, ਇਸ ਤਰ੍ਹਾਂ ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ। (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ)।14-01-25, ਅੰਗ:-136