ਰਾਹੁਲ ਨੇ ਕੇਂਦਰ ਅਤੇ ਦਿੱਲੀ ਦੀ ‘ਆਪ’ ਸਰਕਾਰ ਦੋਵਾਂ ਨੂੰ ਦੱਸਿਆ ਨਾਕਾਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਲੰਘੀ ਦੇਰ ਰਾਤ ਦਿੱਲੀ ਵਿਚ ਏਮਜ਼ ਦੇ ਬਾਹਰ ਮਰੀਜ਼ਾਂ ਨੂੰ ਮਿਲੇ ਹਨ। ਰਾਹੁਲ ਨੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਹੈ। ਰਾਹੁਲ ਨੇ ਹਸਪਤਾਲ ਦੇ ਆਲੇ-ਦੁਆਲੇ ਸੜਕਾਂ, ਫੁੱਟਪਾਥਾਂ ਅਤੇ ਸਬਵੇਅ ’ਤੇ ਬੈਠੇ ਮਰੀਜ਼ਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਹੈ।
ਇਸ ਮੌਕੇ ਰਾਹੁਲ ਨੇ ਕੇਂਦਰ ਅਤੇ ਦਿੱਲੀ ਸਰਕਾਰ ’ਤੇ ਮਰੀਜ਼ਾਂ ਪ੍ਰਤੀ ਅਸੰਵੇਦਨਸ਼ੀਲਤਾ ਦਿਖਾਉਣ ਦਾ ਆਰੋਪ ਲਗਾਇਆ। ਰਾਹੁਲ ਨੇ ਸ਼ੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਹ ਏਮਜ਼ ਦੇ ਬਾਹਰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇ ਹਨ, ਜੋ ਇਲਾਜ ਲਈ ਦੂਰ-ਦੁਰਾਡੇ ਥਾਵਾਂ ਤੋਂ ਆਏ ਹਨ ਅਤੇ ਉਨ੍ਹਾਂ ਦੇਖਿਆ ਕਿ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸੜਕਾਂ, ਫੁੱਟਪਾਥਾਂ ਅਤੇ ਸਬਵੇਅ ’ਤੇ ਸੌਣ ਲਈ ਮਜਬੂਰ ਹਨ। ਇਸ ਸਭ ਨੂੰ ਦੇਖਦਿਆਂ ਰਾਹੁਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ।