ਰਵਨੀਤ ਬਿੱਟੂ ਨੇ ‘ਆਪ’ ਅਤੇ ਕਾਂਗਰਸ ’ਤੇ ਸਾਧੇ ਸਿਆਸੀ ਨਿਸ਼ਾਨੇ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਹੋਈ ਜਿੱਤ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਦਿੱਲੀ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਝੂਠ ਨੂੰ ਨਕਾਰ ਦਿੱਤਾ ਹੈ। ਭਾਜਪਾ ਆਗੂ ਨੇ ਦਾਅਵਾ ਕੀਤਾ ਕਿ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਇਕੱਲਿਆਂ ਲੜੇਗੀ ਤੇ ਸੂਬੇ ਵਿਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵੀ ‘ਆਪ’ ਦਿੱਲੀ ਵਾਂਗ ਕੁਫਰ ਤੋਲਦੀ ਆ ਰਹੀ ਹੈ। ਜਿਹੜੇ ਵਾਅਦੇ ਕਰਕੇ ‘ਆਪ’ ਨੇ ਪੰਜਾਬ ਦੀ ਸੱਤਾ ਸੰਭਾਲੀ ਸੀ, ਉਨ੍ਹਾਂ ਦੀ ਪੂਰਤੀ ਕਰਨ ’ਚ ਅਸਫਲ ਰਹੀ ਹੈ।
ਬਿੱਟੂ ਦਾ ਕਹਿਣਾ ਸੀ ਕਿ 2027 ਦੀਆਂ ਚੋਣਾਂ ’ਚ ਭਾਜਪਾ ਪੰਜਾਬ ਵਿੱਚ ਕਿਸਾਨੀ ਕਰਜ਼ਿਆਂ ਦਾ ਮੁੱਦਾ ਉਠਾਏਗੀ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਏਗੀ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਵੀ ਬਚਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ’ਚ ਆਪਣਾ ਆਧਾਰ ਗੁਆ ਚੁੱਕੀ ਹੈ ਅਤੇ ਦਿੱਲੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ।