ਨਰਿੰਦਰ ਮੋਦੀ ਦਾ ਨਹੀਂ ਕਰ ਸਕਦਾ ਕੋਈ ਮੁਕਾਬਲਾ : ਡੋਨਾਲਡ ਟਰੰਪ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਵਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਇਕ ਸ਼ਾਨਦਾਰ ਮੁਲਾਕਾਤ ਹੋਈ ਹੈ। ਪੀਐਮ ਮੋਦੀ ਨੇ ਕਿਹਾ ਕਿ ਸਾਡੀ ਗੱਲਬਾਤ ਭਾਰਤ-ਅਮਰੀਕਾ ਵਿਚਾਲੇ ਦੋਸਤੀ ਨੂੰ ਹੋਰ ਮਜ਼ਬੂਤ ਕਰੇਗੀ। ਗੈਰਕਾਨੂੰਨੀ ਇਮੀਗ੍ਰੇਸ਼ਨ ਦੇ ਮੁੱਦੇ ’ਤੇ ਮੋਦੀ ਨੇ ਕਿਹਾ ਕਿ ਦੂਜੇ ਦੇਸ਼ਾਂ ਵਿਚ ਗੈਰਕਾਨੂੰਨੀ ਤੌਰ ’ਤੇ ਰਹਿਣ ਵਾਲੇ ਲੋਕਾਂ ਨੂੰ ਉਥੇ ਰਹਿਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਨੂੰ ਮਿਲ ਕੇ ਅਜਿਹੇ ਵਾਤਾਵਰਣ ਨੂੰ ਜੜ੍ਹੋਂ ਪੁੱਟਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਤਾਂ ਜੋ ਮਨੁੱਖੀ ਤਸਕਰੀ ਖਤਮ ਹੋ ਸਕੇ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰ ਹੈ ਅਤੇ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ।
ਉਧਰ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਉਨ੍ਹਾਂ ਨਾਲੋਂ ਕਿਤੇ ਜ਼ਿਆਦਾ ਸਖਤ ਵਾਰਤਾਕਾਰ ਹਨ ਅਤੇ ਉਨ੍ਹਾਂ ਨਾਲ ਕੋਈ ਮੁਕਾਬਲਾ ਨਹੀਂ ਹੈ। ਟਰੰਪ ਨੇ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਹੁਣ ਅਮਰੀਕਾ ਅਤੇ ਭਾਰਤ ਵਿਚਕਾਰ ਦੋਸਤੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਕਈ ਸਮਝੌਤੇ ਹੋਏ ਹਨ।