ਆਬਕਾਰੀ ਨੀਤੀ ਨੂੰ ਲੈ ਕੇ ਬਾਜਵਾ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੰਪਟਰੋਲਰ ਐਂਡ ਆਡਿਟਰ ਜਨਰਲ (ਕੈਗ) ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਵੀ ਦਿੱਲੀ ਵਾਂਗ ਜਾਂਚ ਸ਼ੁਰੂ ਕੀਤੀ ਜਾਵੇ। ਕੈਗ ਦੀ ਰਿਪੋਰਟ ਮੁਤਾਬਿਕ 2021-22 ’ਚ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ’ਚ ਕਥਿਤ ਬੇਨਿਯਮੀਆਂ ਕਾਰਨ ਦਿੱਲੀ ਸਰਕਾਰ ਨੂੰ 2,002 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਗ ਦੀ ਰਿਪੋਰਟ ’ਚ ਇਹ ਵੀ ਖ਼ੁਲਾਸਾ ਹੋਇਆ ਹੈ ਕਿ 2018 ਤੋਂ 2022 ਦਰਮਿਆਨ ‘ਆਪ’ ਸਰਕਾਰ ਦੀਆਂ ਇਸ਼ਤਿਹਾਰਬਾਜ਼ੀ ਮੁਹਿੰਮਾਂ ’ਤੇ ਹੋਏ ਖ਼ਰਚ ’ਚ 1200 ਫੀਸਦੀ ਦਾ ਵਾਧਾ ਹੋਇਆ ਹੈ।
ਬਾਜਵਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਦਿੱਲੀ ਦੀ ਆਬਕਾਰੀ ਨੀਤੀ ਨੂੰ ਦੁਹਰਾਇਆ ਸੀ। ਬਾਜਵਾ ਨੇ ਕਿਹਾ ਕਿ ਉਹ ਕੈਗ ਨੂੰ ਅਪੀਲ ਕਰਦੇ ਹਨ ਕਿ ਉਹ ਇਸਦਾ ਨੋਟਿਸ ਲੈਣ ਅਤੇ ਪੰਜਾਬ ਵਿੱਚ ਬੇਨਿਯਮੀਆਂ ਦੀ ਜਾਂਚ ਸ਼ੁਰੂ ਕਰਨ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਦੀ ਆਬਕਾਰੀ ਨੀਤੀ ’ਤੇ ਸਵਾਲ ਚੁੱਕੇ ਸਨ।