ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗਿਆਨੀ ਰਘਬੀਰ ਸਿੰਘ ਕੋਲ ਉਠਾਇਆ ਗਿਆ ਇਤਰਾਜ਼
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੇਵਾ ਸੰਭਾਲਣ ਮੌਕੇ ਮਰਿਆਦਾ ਦਾ ਘਾਣ ਕੀਤਾ ਗਿਆ ਹੈ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਕੋਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਇਤਰਾਜ਼ ਉਠਾਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਵੱਲੋਂ ਜਥੇਦਾਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ ਅਤੇ ਜਥੇਦਾਰ ਦੀ ਸੇਵਾ ਸੰਭਾਲਣ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਜਾਂਦਾ ਹੈ।
ਇਸ ਵਿਚ ਸ਼ਾਮਿਲ ਹੋਣ ਲਈ ਸਮੂਹ ਸਿੱਖ ਜਥੇਬੰਦੀਆਂ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸੰਤਾਂ ਮਹਾਂਪੁਰਖਾਂ ਨੂੰ ਸੱਦਾ ਦਿੱਤਾ ਜਾਂਦਾ ਹੈ। ਇਸ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦਾ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਦੀ ਨਿਯੁਕਤੀ ਦਾ ਐਲਾਨ ਕਰਦਾ ਹੈ ਅਤੇ ਸੰਗਤਾਂ ਜੈਕਾਰੇ ਬੁਲਾ ਕੇ ਉਸ ਨੂੰ ਪ੍ਰਵਾਨਗੀ ਦਿੰਦੀਆਂ ਹਨ। ਰਵਾਇਤ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੱਲੋਂ ਜਥੇਦਾਰ ਨੂੰ ਪਹਿਲਾਂ ਦਸਤਾਰ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਬਾਅਦ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਦਸਤਾਰਾਂ ਭੇਟ ਕੀਤੀਆਂ ਜਾਂਦੀਆਂ ਹਨ। ਪਰ ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਸੰਭਾਲ ਮੌਕੇ ਅਜਿਹਾ ਕੁੱਝ ਵੀ ਨਹੀਂ ਹੋਇਆ ਅਤੇ ਮਰਿਆਦਾ ਦੀ ਵੱਡੀ ਉਲੰਘਣਾ ਕੀਤੀ ਗਈ ਹੈ।