ਕਿਹਾ : ਬਦਲਾਅ ਦੀ ਹਵਾ ਲੁਧਿਆਣਾ ਪੱਛਮੀ ਤੋਂ ਹੋਵੇਗੀ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀਟ ਲਈ ਕਿਸੇ ਵੀ ਸਮੇਂ ਉਪ ਚੋਣ ਦਾ ਐਲਾਨ ਹੋ ਸਕਦਾ ਹੈ। ਲੁਧਿਆਣਾ ਪੱਛਮੀ ਸੀਟ ਲਈ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਬਣਾਇਆ ਹੈ। ਜਦਕਿ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਪੱਛਮੀ ਸੀਟ ਲਈ ਟਿਕਟ ਹਾਸਲ ਕਰਨ ਲਈ ਪੂਰਾ ਜ਼ੋਰ ਲਗਾ ਰਹੇ ਹਨ।
ਆਸ਼ੂ ਸ਼ੋਸ਼ਲ ਮੀਡੀਆ ’ਤੇ ਲਗਾਤਾਰ ਸਰਗਰਮ ਹਨ ਅਤੇ ਉਨ੍ਹਾਂ ਵੱਲੋਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਵੀ ਕੀਤੀ। ਇਸ ਸਬੰਧੀ ਉਨ੍ਹਾਂ ਵੱਲੋਂ ਸ਼ੋਸ਼ਲ ਮੀਡੀਆ ’ਤੇ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਬਦਲਾਅ ਦੀ ਹਵਾ ਲੁਧਿਆਣਾ ਪੱਛਮੀ ਤੋਂ ਸ਼ੁਰੂ ਹੋਵੇਗੀ ਅਤੇ ਇਥੋਂ ਸ਼ੁਰੂ ਹੋਈ ਬਦਲਾਅ ਦੀ ਹਵਾ 2027 ਤੱਕ ਪੂਰੇ ਪੰਜਾਬ ਅੰਦਰ ਤੂਫਾਨ ਲਿਆ ਦੇਵੇਗੀ।