ਸਾਬਕਾ ਸੰਸਦ ਮੈਂਬਰ ਸੁਰੇਸ਼ ਪਚੌਰੀ ਸਮੇਤ ਹੋਰ ਕਾਂਗਰਸੀ ਆਗੂ ਭਾਜਪਾ ’ਚ ਹੋਏ ਸ਼ਾਮਲ
ਭੋਪਾਲ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਭਾਜਪਾ ’ਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਅਤੇ ਧਾਰ ਦੇ ਸਾਬਕਾ ਸੰਸਦ ਮੈਂਬਰ ਗਜੇਂਦਰ ਸਿੰਘ ਰਾਜੂਖੇੜੀ, ਸੰਜੇ ਸ਼ੁਕਲਾ, ਵਿਸ਼ਾਲ ਪਟੇਲ, ਅਰਜੁਨ ਪਲੀਆ, ਸਤਪਾਲ ਪਲੀਆ ਅਤੇ ਭੋਪਾਲ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੈਲਾਸ਼ ਮਿਸ਼ਰਾ ਵੀ ਭਾਜਪਾ ’ਚ ਸ਼ਾਮਲ ਹੋ ਗਏ।
ਇਨ੍ਹਾਂ ਆਗੂਆਂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਦੇ ਮੱਧ ਪ੍ਰਦੇਸ਼ ’ਚੋਂ ਚਲੇ ਜਾਣ ਦੇ ਤਿੰਨ ਦਿਨਾਂ ਮਗਰੋਂ ਫੈਸਲਾ ਲਿਆ ਅਤੇ ਇਸ ਨੂੰ ਕਾਂਗਰਸ ਪਾਰਟੀ ਦੇ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਇਨ੍ਹਾਂ ਆਗੂਆਂ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ, ਮੱਧ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਵੀਡੀ ਸ਼ਰਮਾ, ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੈਬਨਿਟ ਮੰਤਰੀ ਕੈਲਾਸ਼ ਵਿਜੇਵਰਗੀ ਅਤੇ ਸਾਬਕਾ ਮੰਤਰੀ ਨਰੋਤਮ ਮਿਸ਼ਰਾ ਦੀ ਮੌਜੂਦਗੀ ’ਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।