ਆਪ ਆਗੂ ਹਰਪਾਲ ਚੀਮਾ ਨੇ ਕੈਪਟਨ ਤੇ ਸਾਧਿਆ ਨਿਸ਼ਾਨਾ, ਨਵਜੋਤ ਸਿੱਧੂ ਨੂੰ ਕੀਤਾ ਚੈਲੰਜ
ਆਮ ਆਦਮੀ ਪਾਰਟੀ ਆਗੂ ਹਰਪਾਲ ਚੀਮਾ ਨੇ ਕੈਪਟਨ ਸਰਕਾਰ ਤੇ ਨਿਸ਼ਾਨਾ ਸਾਧਦੀਆਂ ਕਿਹਾ ਹੈ ਕਿ ਕਿ ਇਨ੍ਹਾਂ ਸਮਝੌਤਿਆਂ ਕਾਰਨ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਮਹਿੰਗੀ ਬਿਜਲੀ ਲੈਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਝੌਤਿਆਂ ਰਾਹੀਂ ਸਿਰਫ ਕੰਪਨੀਆਂ ਨੂੰ ਲਾਭ ਪੁੱਜਿਆ ਹੈ, ਜਦੋਂ ਕਿ ਪੰਜਾਬ ਨੂੰ ਨੁਕਸਾਨ ਹੀ ਹੋਇਆ ਹੈ। ਹਰਪਾਲ ਚੀਮਾ ਨੇ ਪਿਛਲੀ ਅਕਾਲੀ ਸਰਕਾਰ ਤੇ ਮੌਜੂਦਾ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਦੋਹਾਂ ਸਰਕਾਰਾਂ ਵੱਲੋਂ ਇਨ੍ਹਾਂ ਕੰਪਨੀਆਂ ਤੋਂ ਕਮਿਸ਼ਨ ਲਿਆ ਗਿਆ ਹੈ। ਦਸ ਦਈਏ ਕਿ ਆਪ ਵੱਲੋਂ ਪਿਛਲੀ ਅਕਾਲੀ ਸਰਕਾਰ ਵੱਲੋਂ ਨਿੱਜੀ ਕੰਪਨੀਆਂ ਨਾਲ ਕੀਤੇ ਗਏ ਬਿਜਲੀ ਸਮਝੌਤਿਆਂ ਬਾਰੇ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ।
ਉਨ੍ਹਾਂ ਕੈਪਟਨ ‘ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਵੱਲੋਂ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਲਈ ਕੈਬਨਿਟ ਮੀਟਿੰਗ ਕਿਉਂ ਨਹੀਂ ਬੁਲਾਈ ਗਈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਇਸ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਕਿਉਂ ਨਹੀਂ ਬੁਲਾਇਆ। ਹਰਪਾਲ ਚੀਮਾ ਨੇ ਕਿਹਾ ਕਿ ਕਰੀਬ 40 ਦਿਨਾਂ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਪਰ ਪੰਜਾਬ ਕੈਬਨਿਟ ਦੀ ਮੀਟਿੰਗ ਨਹੀਂ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਪੰਜਾਬ ਨੂੰ ਲਾਵਾਰਿਸ ਛੱਡਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਾਟੋ-ਕਲੇਸ਼ ਪੰਜਾਬ ‘ਤੇ ਭਾਰੀ ਪੈ ਰਿਹਾ ਹੈ। ਉਨ੍ਹਾਂ ਨੇ ਕੈਪਟਨ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਬਿਜਲੀ ਕੰਪਨੀਆਂ ਵੱਲੋਂ ਜਿਹੜਾ ਨਾਜਾਇਜ਼ ਪੈਸਾ ਪਿਛਲੇ ਸਾਲਾਂ ਦੌਰਾਨ ਪੰਜਾਬੀਆਂ ਕੋਲੋਂ ਲਿਆ ਗਿਆ ਹੈ ਕੀ ਕੈਪਟਨ ਸਾਹਿਬ ਉਸ ਪੈਸੇ ਨੂੰ ਰਿਕਵਰ ਕਰਨਗੇ? ਹਰਪਾਲ ਚੀਮਾ ਨੇ ਕਿਹਾ ਕਿ ਹੁਣ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ ਤਾਂ ਕੈਪਟਨ ਸਾਹਿਬ ਨੇ ਪਾਵਰਕਾਮ ਨੂੰ ਬਿਜਲੀ ਸਮਝੌਤੇ ਰੀਵਿਊ ਕਰਨ ਬਾਰੇ ਚਿੱਠੀ ਲਿਖ ਦਿੱਤੀ ਹੈ ਪਰ ਇਹ ਸਭ ਕੁੱਝ ਸਾਢੇ 4 ਸਾਲ ਪਹਿਲਾਂ ਕਿਉਂ ਨਹੀਂ ਕੀਤਾ ਗਿਆ।
ਇਸ ਮੌਕੇ ਹਰਪਾਲ ਚੀਮਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਚੈਲੰਜ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ‘ਚ ਦਮ ਹੈ ਤਾਂ ਬਿਜਲੀ ਸਮਝੌਤਿਆਂ ਨੂੰ ਰੱਦ ਕਰ ਸਬੰਧੀ ਕੈਬਨਿਟ ਦੀ ਮੀਟਿੰਗ ਬੁਲਾਉਣ ਅਤੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ, ਅਸੀਂ ਉਨ੍ਹਾਂ ਦਾ ਪੂਰਾ ਸਾਥ ਦੇਵਾਂਗੇ।
ਹਰਪਾਲ ਚੀਮਾ ਨੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਵੱਲੋਂ ਜਿਹੜਾ ਪਿਛਲੇ ਸਾਲਾਂ ਦੌਰਾਨ ਪੰਜਾਬੀਆਂ ਦਾ ਪੈਸਾ ਲੁੱਟਿਆ ਗਿਆ ਹੈ, ਉਸ ਦਾ ਆਡਿਟ ਕਰਵਾ ਕੇ ਪੰਜਾਬ ਦੇ ਖ਼ਜ਼ਾਨੇ ‘ਚ ਪੈਸਾ ਭਰਿਆ ਜਾਵੇ ਅਤੇ ਲੋਕਾਂ ਨੂੰ ਵਾਪਸ ਕੀਤਾ ਜਾਵੇ ਅਤੇ ਤੁਰੰਤ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਇਹ ਸਮਝੌਤੇ ਰੱਦ ਕੀਤੇ ਜਾਣ।