ਮਨੀ ਲਾਂਡਰਿੰਗ ਅਤੇ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ਬੰਦ ਹਨ ਸਿਸੋਦੀਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨਾਂ ਹੋਰ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਉਨ੍ਹਾਂ ਨੂੰ 18 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਰਹਿਣ ਦਾ ਫੈਸਲਾ ਸੁਣਾਇਆ ਹੈ। ਮਨੀ ਲਾਂਡਰਿੰਗ ਅਤੇ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮਨੀਸ਼ ਸਿਸੋਦੀਆ ਦੀ ਹਿਰਾਸਤ ਅੱਜ 6 ਅਪ੍ਰੈਲ ਨੂੰ ਖਤਮ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ ਸੀ ਇਸ ਦੌਰਾਨ ਸਿਸੋਦੀਆ ਨੇ ਕੋਰਟ ਨੂੰ ਕਿਹਾ ਸੀ ਕਿ ਮੈਨੂੰ ਜੇਲ੍ਹ ’ਚ ਰੱਖਣ ਦਾ ਕੋਈ ਫਾਇਦਾ ਨਹੀਂ ਹੈ।
ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਮੇਰੇ ਖਿਲਾਫ਼ ਜਾਂਚ ਪਹਿਲਾਂ ਹੀ ਪੂਰੀ ਹੋ ਚੁੱਕੀਅਤੇ ਮੇਰੀ ਵੱਲੋਂ ਜਾਂਚ ’ਚ ਰੁਕਾਵਟ ਪਾਉਣ ਜਾਂ ਸਬੂਤ ਮਿਟਾਉਣ ਦੀ ਕੋਈ ਸੰਭਾਵਨਾ ਨਹੀਂ ਹੈ। ਸਿਸੋਦੀਆ ਨੇ ਸਪੈਸ਼ਲ ਜੱਜ ਐਮ ਕੇ ਨਾਗਪਾਲ ਨੂੰ ਇਹ ਵੀ ਕਿਹਾ ਕਿ ਜੇਕਰ ਅਦਾਲਤ ਉਨ੍ਹਾਂ ਨੂੰ ਜ਼ਮਾਨਤ ਦੇਣ ਦਾ ਫੈਸਲਾ ਕਰਦੀ ਹੈ ਤਾਂ ਉਹ ਅਦਾਲਤ ਦੀ ਕਿਸੇ ਵੀ ਸ਼ਰਤ ਨੂੰ ਮੰਨਣ ਲਈ ਤਿਆਰ ਹਨ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ 26 ਫਰਵਰੀ 2023 ਤੋਂ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ।