ਰਾਹੁਲ ਜਾਰਜਟਾਊਨ ਯੂਨੀਵਰਸਿਟੀ ’ਚ ਵਿਦਿਆਰਥੀਆਂ ਦੇ ਸਮਾਗਮ ਵਿਚ ਹੋਏ ਸ਼ਾਮਲ
ਵਾਸ਼ਿੰਗਟਨ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਆਪਣੇ ਤਿੰਨ ਦਿਨਾਂ ਦੇ ਦੌਰੇ ’ਤੇ ਅਮਰੀਕਾ ਪਹੁੰਚੇ ਹੋਏ ਹਨ। ਰਾਹੁਲ ਗਾਂਧੀ ਨੇ ਵਰਜੀਨੀਆ ਦੇ ਹਰਨਡਨ ਵਿਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਚਰਚਾ ਵੀ ਕੀਤੀ ਹੈ। ਇਸ ਤੋਂ ਬਾਅਦ ਉਹ ਵਾਸ਼ਿੰਗਟਨ ਡੀਸੀ ਦੀ ਜਾਰਜਟਾਊਨ ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਦੇ ਸਮਾਗਮ ਵਿਚ ਹਿੱਸਾ ਲਿਆ।
ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਕੁਝ ਬਦਲਾਅ ਹੋ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਡਰ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਨਾ ਡਰ ਫੈਲਾਇਆ ਅਤੇ ਛੋਟੇ ਵਪਾਰੀਆਂ ’ਤੇ ਏਜੰਸੀਆਂ ਦਾ ਦਬਾਅ ਬਣਾਈ ਰੱਖਿਆ, ਜੋ ਕੁਝ ਪਲਾਂ ਵਿਚ ਹੀ ਗਾਇਬ ਹੋ ਗਿਆ।
ਰਾਹੁਲ ਨੇ ਕਿਹਾ ਕਿ ਮੋਦੀ ਨੂੰ ਇਹ ਡਰ ਫੈਲਾਉਣ ’ਚ ਕਈ ਸਾਲ ਲੱਗ ਗਏ ਅਤੇ ਕੁਝ ਸੈਕਿੰਡਾਂ ਵਿਚ ਹੀ ਇਹ ਸਭ ਗਾਇਬ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਮੋਦੀ ਦੇ 56 ਇੰਚ ਦੇ ਸੀਨੇ ਵਾਲੀ ਗੱਲ ਵੀ ਖਤਮ ਹੋ ਗਈ ਹੈ। ਰਾਹੁਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਫਰਤ ਨਹੀਂ ਕਰਦਾ, ਪਰ ਮੈਂ ਉਨ੍ਹਾਂ ਦੀਆਂ ਗੱਲਾਂ ਨਾਲ ਸਹਿਮਤ ਨਹੀਂ ਹਾਂ।