ਪੰਜਾਬ 2022 ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਪੁਰੀ ਤਰ੍ਹਾਂ ਸਰਗਰਮ, ਬਠਿੰਡੇ ਤੋਂ 6 ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ 2022 ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਰਾਜਸੀ ਗਤੀਵਿਧੀਆਂ ਵਧਾ ਦਿਤੀਆਂ ਗਈਆਂ ਹਨ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਠਿੰਡਾ ਸ਼ਹਿਰੀ ਤੋਂ ਸਰੂਪ ਚੰਦ ਸਿੰਗਲਾ ਦੇ ਨਾਂ ਦੇ ਐਲਾਨ ਕਰ ਦਿੱਤੇ ਜਾਣ ‘ਤੇ ਬਠਿੰਡਾ ਦੀਆਂ ਸਾਰੀਆਂ 6 ਸੀਟਾਂ ਦੇ ਉਮੀਦਵਾਰਾਂ ਦੀ ਸਥਿਤੀ ਸਪੱਸ਼ਟ ਹੋ ਗਈ ਹੈ।

ਪਾਰਟੀ ਪ੍ਰਧਾਨ ਵੱਲੋਂ ਕੀਤੇ ਐਲਾਨ ਅਨੁਸਾਰ ਹਲਕਾ ਰਾਮਪੁਰਾ ਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਹਲਕਾ ਬਠਿੰਡਾ ਸ਼ਹਿਰੀ ਤੋਂ ਸਰੂਪ ਚੰਦ ਸਿੰਗਲਾ, ਹਲਕਾ ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਸਿੰਘ ਭੱਟੀ, ਭੁੱਚੋਂ ਮੰਡੀ ਤੋਂ ਦਰਸ਼ਨ ਸਿੰਘ ਕੋਟਫੱਤਾ ਅਤੇ ਹਲਕਾ ਤਲਵੰਡੀ ਤੋਂ ਜੀਤ ਮਹਿੰਦਰ ਸਿੰਘ,ਮੋੜ ਤੋਂ ਜਗਮੀਤ ਬਰਾੜ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਸੀਟ ਤੋਂ ਐਲਾਨ ਭਾਵੇਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕੁਝ ਮਹੀਨੇ ਪਹਿਲਾਂ ਕਰ ਦਿੱਤਾ ਗਿਆ ਸੀ ਪਰ ਵਿਰੋਧੀਆਂ ਵੱਲੋਂ ਸਾਜ਼ਿਸ਼ ਤਹਿਤ ਇਹ ਕੂੜ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਸਰੂਪ ਚੰਦ ਸਿੰਗਲਾ ਦੀ ਥਾਂ ‘ਤੇ ਕਿਸੇ ਹੋਰ ਵਿਅਕਤੀ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰੂਪ ਚੰਦ ਸਿੰਗਲਾ ਨੂੰ ਹੀ ਦੁਬਾਰਾ ਮੌਕਾ ਦਿੱਤਾ ਗਿਆ ਹੈ, ਜਿਹੜੇ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੇ ਮੌਜੂਦਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਹਾਰ ਗਏ ਸਨ।

ਇਹ ਐਲਾਨ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਰਕਰਾਂ ਵੱਲੋਂ ਸਿੰਗਲਾ ਨੂੰ ਵਧਾਈ ਦਿੱਤੀ ਗਈ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਬਠਿੰਡਾ ਨੇ ਪਾਰਟੀ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਸ ਵਾਰ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਸੀਟ ਤੋਂ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰ ਕੇ ਇਹ ਸੀਟ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਈ ਜਾਵੇਗੀ।

MUST READ