ਭਾਜਪਾ ਕੇਂਦਰ ਵਿੱਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ : ਸੁਖਬੀਰ ਬਾਦਲ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੁੱਧਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੋ੍ਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਸੰਪੰਨ ਕੀਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯਾਤਰਾ 1 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ 80 ਹਲਕਿਆਂ ਵਿੱਚ ਉਨ੍ਹਾਂ 3200 ਕਿੱਲੋਮੀਟਰ ਦਾ ਸਫਰ ਤੈਅ ਕੀਤਾ।
ਇਸ ਮੌਕੇ ਸੁਖਬੀਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕੀਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਜਪਾ ਕੇਂਦਰ ਵਿੱਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਕੇਂਦਰ ਵਿਚ ਅਗਲੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੀਆਂ ਤੇ ਪੰਜਾਬ ਵਿਚ ਵੀ ਲੋਕ ਲਹਿਰ ਖੇਤਰੀ ਪਾਰਟੀ ਦੇ ਹੱਕ ਵਿੱਚ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਪੰਜਾਬ ਦੀ ‘ਆਪ’ ਸਰਕਾਰ ਦੀ ਵੀ ਜੰਮ ਕੇ ਆਲੋਚਨਾ ਕੀਤੀ।