ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਚੱਲ ਰਿਹਾ ਹੈ ਕਿਸਾਨ ਅੰਦੋਲਨ
ਫਗਵਾੜਾ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨ ਐਮ.ਐਸ.ਪੀ. ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕੇਂਦਰ ਸਰਕਾਰ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨੀ ਮੰਗਾਂ ਸਬੰਧੀ ਫਗਵਾੜਾ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਕਿਸਾਨ ਆਗੂ ਪੰਧੇਰ ਨੇ ਦੱਸਿਆ ਕਿ ਕਿਸਾਨ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਲੈ ਕੇ ਸ਼ੰਭੂ ਸਰਹੱਦ ਵੱਲ ਰਵਾਨਾ ਹੋ ਰਹੇ ਹਨ।
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਪੰਧੇਰ ਨੇ ਕਿਹਾ ਕਿ ਇਹ ਅੰਦੋਲਨ ਇਕੱਲੇ ਕਿਸਾਨਾਂ ਦਾ ਨਹੀਂ ਹੈ, ਸਗੋਂ ਇਹ ਸਾਰੇ ਮਜ਼ਦੂਰਾਂ ਦਾ ਵੀ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪੂਰੇ ਸਮਾਜ ਲਈ ਲੜਾਈ ਲੜ ਰਹੇ ਹਨ। ਕਾਰਪੋਰੇਟ ਕਾਰੋਬਾਰੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਛੋਟੇ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਪੰਧੇਰ ਨੇ ਪੰਜਾਬ ਦੇ ਸਾਰੇ ਲੋਕਾਂ ਨੂੰ ਇਸ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਕਿਸਾਨ ਆਗੂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਇਹ ਸੰਘਰਸ਼ ਜਾਰੀ ਰਹੇਗਾ ਅਤੇ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।