ਭਾਰਤ-ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਚਾਹੁੰਦਾ ਹੈ ਅਮਰੀਕਾ

ਪਾਕਿ ਦੇ ਪ੍ਰਧਾਨ ਮੰਤਰੀ ਨੇ ਕਿਹਾ ਸੀ : ਅਸੀਂ ਗੁਆਂਢੀ ਦੇਸ਼ ਨਾਲ ਗੱਲਬਾਤ ਲਈ ਹਾਂ ਤਿਆਰ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਇਕ ਵਾਰ ਫਿਰ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਸ਼ੁਰੂ ਕਰਵਾਉਣਾ ਚਾਹੁੰਦਾ ਹੈ। ਦਰਅਸਲ, ਦੋ ਦਿਨ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਸੀ ਕਿ ਉਹ ਗੁਆਂਢੀ ਦੇਸ਼ ਭਾਰਤ ਨਾਲ ਗੱਲਬਾਤ ਕਰਨ ਲਈ ਤਿਆਰ ਹਨ।

ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਦੇ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿੱਲਰ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਜ਼ਰੂਰੀ ਮੁੱਦਿਆਂ ’ਤੇ ਭਾਰਤ-ਪਾਕਿਸਤਾਨ ਵਿਚਾਲੇ ਗੱਲਬਾਤ ਦੇ ਸਮਰਥਕ ਰਹੇ ਹਾਂ ਅਤੇ ਹਮੇਸ਼ਾ ਇਹੀ ਚਾਹੁੰਦੇ ਆਏ ਹਾਂ। ਉਧਰ ਦੂਜੇ ਪਾਸੇ ਪਾਕਿਸਤਾਨ ਨੂੰ ਲੈ ਕੇ ਭਾਰਤ ਨੇ ਆਪਣਾ ਪੱਖ ਹਮੇਸ਼ਾ ਸਾਫ ਰੱਖਿਆ ਹੈ। ਭਾਰਤ ਨੇ ਹਰ ਵਾਰ ਇਹੀ ਕਿਹਾ ਹੈ ਕਿ ਪਾਕਿਸਤਾਨ ਦੇ ਨਾਲ ਗੱਲਬਾਤ ਤਾਂ ਹੀ ਸੰਭਵ ਹੋ ਸਕਦੀ ਹੈ, ਜੇਕਰ ਉਹ ਦੇਸ਼ ਵਿਰੋਧੀ ਤਾਕਤਾਂ ਨੂੰ ਪਨਾਹ ਦੇਣਾ ਬੰਦ ਕਰੇਗਾ।

ਇਸੇ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਭਾਰਤ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਸ਼ਾਹਬਾਜ਼ ਸ਼ਰੀਫ ਨੇ ਕਿਹਾ ਸੀ ਕਿ ਜੰਗ ਨਾਲ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੋ ਸਕਦਾ ਅਤੇ ਦੋਵੇਂ ਮੁਲਕਾਂ ਕੋਲ ਐਟਮੀ ਤਾਕਤ ਹੈ। 

MUST READ