ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਈ ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਈ। ਕੈਬਨਿਟ ਮੀਟਿੰਗ ਖਤਮ ਹੋਣ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ‘ਚ ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਐਕਟ ਵਿੱਚ ਕਈ ਬਦਲਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੰਚਾਇਤੀ ਰਾਜ ਐਕਟ 1994 ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸੋਧ ਤਹਿਤ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜੀ ਜਾਵੇਗੀ। ਪੰਜਾਬ ‘ਚ ਪਹਿਲਾਂ ਪੰਚ-ਸਰਪੰਚ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾ ਸਕਦੀਆਂ ਸਨ ਪਰ ਹੁਣ ਮੰਤਰੀ ਮੰਡਲ ਨੇ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦਾ ਨਿਯਮ ਖਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਚਾਇਤ ਵਿੱਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਕੀਤਾ ਗਿਆ ਹੈ।