ਹਾਈ ਕੋਰਟ ਵੱਲੋਂ 22 ਅਪ੍ਰੈਲ ਨੂੰ ਮਾਮਲੇ ਦੀ ਕੀਤੀ ਜਾਵੇਗੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਗਏ ਸੰਮਨਾਂ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ। ਜਿਸ ’ਤੇ ਅੱਜ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਈਡੀ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ ਅਤੇ ਇਸ ਸਬੰਧ ’ਚ ਈਡੀ ਨੇ ਕਿਹਾ ਕਿ ਅਸੀਂ ਜਵਾਬ ਦੇਵਾਂਗੇ ਅਤੇ ਕੇਜਰੀਵਾਲ ਵੱਲੋਂ ਪਾਈ ਗਈ ਪਟੀਸ਼ਨ ਦਾ ਵਿਰੋਧ ਕਰਾਂਗੇ। ਕੇਜਰੀਵਾਲ ਵੱਲੋਂ ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਅਤੇ ਵਿਕਰਮ ਚੌਧਰੀ ਅਦਾਲਤ ਵਿਚ ਪੇਸ਼ ਹੋਏ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ।
ਧਿਆਨ ਰਹੇ ਕਿ ਈਡੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਹੁਣ ਤੱਕ 8 ਸੰਮਨ ਭੇਜ ਚੁੱਕੀ ਪ੍ਰੰਤੂ ਉਹ ਇਕ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਜਦਕਿ 9ਵੇਂ ਸੰਮਨ ਰਾਹੀਂ ਉਨ੍ਹਾਂ ਨੂੰ 21 ਮਾਰਚ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 27 ਫਰਵਰੀ, 26 ਫਰਵਰੀ, 22 ਫਰਵਰੀ, 2 ਫਰਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ 2023 ਅਤੇ 2 ਨਵੰਬਰ 2023 ਨੂੰ ਈਡੀ ਵੱਲੋਂ ਕੇਜਰੀਵਾਲ ਨੂੰ ਸੰਮਨ ਭੇਜੇ ਗਏ ਸਨ। ਇਨ੍ਹਾਂ ਸਾਰੇ ਸੰਮਨਾਂ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਰਾਜਨੀਤੀ ਤੋਂ ਪ੍ਰੇਰਿਤ ਅਤੇ ਗੈਰਕਾਨੂੰਨੀ ਦੱਸਿਆ ਗਿਆ ਸੀ।