ਮਹਿਲਾ ਕਰਮਚਾਰੀਆਂ ਨੇ ਮੁੱਖ ਮੰਤਰੀ ਮਾਨ ਨੂੰ ਬੰਨ੍ਹੀ ਰੱਖੜੀ
ਬਰਨਾਲਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਤੋਂ ਪਹਿਲਾਂ ਮਹਿਲਾ ਕਰਮਚਾਰੀਆਂ ਨੂੰ ਅੱਜ ਬਰਨਾਲਾ ਵਿਖੇ ਨਿਯੁਕਤੀ ਪੱਤਰ ਦੇ ਕੇ ਰੱਖੜੀ ਦਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਮਾਨ ਵੱਲੋਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ’ਚ ਨਿਯੁਕਤੀ ਮਹਿਲਾ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਨਵਨਿਯੁਕਤ ਮਹਿਲਾ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੱਖੜੀ ਵੀ ਬੰਨ੍ਹੀ।
ਮੁੱਖ ਮੰਤਰੀ ਮਾਨ ਦੇ ਇਸ ਪ੍ਰੋਗਰਾਮ ਨੂੰ ਬਰਨਾਲਾ ਦੀ ਜ਼ਿਮਨੀ ਚੋਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਿਉਂਕਿ ਆਉਣ ਵਾਲੇ ਦਿਨਾਂ ਵਿਚ ਬਰਨਾਲਾ ਸਮੇਤ ਪੰਜਾਬ ਦੀਆਂ ਚਾਰ ਹੋਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਹੋਣੀ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਨੇ ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਚੋਣਾਂ ਸਬੰਧੀ ਐਲਾਨ ਕਰ ਦਿੱਤਾ ਹੈ ਪਰ ਪੰਜਾਬ ਦੀਆਂ ਜ਼ਿਮਨੀ ਚੋਣਾਂ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਦੀਆਂ ਜ਼ਿਮਨੀਆਂ ਨਵੰਬਰ ਮਹੀਨੇ ’ਚ ਕਰਵਾਈਆਂ ਜਾ ਸਕਦੀਆਂ ਹਨ।