ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਅੱਜ ਵਿਕਾਸ ਕ੍ਰਾਂਤੀ ਰੈਲੀ ਦਾ ਆਯੋਜਨ ਕੀਤਾ। CM ਮਾਨ ਨੇ ਲੋਕਾਂ ਦੀ ਸਹੂਲਤ ਲਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕੁਝ ਪ੍ਰਾਜੈਕਟ ਆਮ ਲੋਕਾਂ ਨੂੰ ਸਮਰਪਿਤ ਕੀਤੇ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਦਾ ਉਦੇਸ਼ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਨਾਲ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ CM ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀਆਂ ਖੁਸ਼ੀਆਂ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦਾ ਇੱਕ ਨਵਾਂ ਦੌਰ ਦੇਖ ਰਿਹਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਇੱਕ ਨਵੇਂ ਯੁੱਗ ਦਾ ਸੂਰਜ ਚੜ੍ਹਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਘਾਟਨ ਕੀਤੇ ਜਾਣ ਵਾਲੇ ਮੁੱਖ ਪ੍ਰੋਜੈਕਟਾਂ ਵਿੱਚ ਧੂਰੀ ਵਿਖੇ 80 ਬਿਸਤਰਿਆਂ ਵਾਲਾ ਜਣੇਪਾ ਹਸਪਤਾਲ, ਕੌਹਰੀਆਂ ਵਿਖੇ 30 ਬਿਸਤਰਿਆਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਅਤੇ ਚੀਮਾ ਵਿਖੇ 30 ਬਿਸਤਰਿਆਂ ਵਾਲਾ ਪੇਂਡੂ ਹਸਪਤਾਲ ਸ਼ਾਮਲ ਹੈ। ਇਹ ਪ੍ਰੋਜੈਕਟ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ।