ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਮੰਤਰੀ ਮੰਡਲ ‘ਚ ਫੇਰਬਦਲ ਦੀ ਸੰਭਾਵਨਾ ਨੇ ਫਡ਼ਿਆਂ ਜ਼ੋਰ

ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਖਤਮ ਹੋਣ ਦੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਰਾਜ ਭਵਨ ਵਿਚ ਮੁਲਾਕਾਤ ਕੀਤੀ। ਕੈਪਟਨ ਦੀ ਇਸ ਮੁਲਾਕਾਤ ਨਾਲ ਉਨ੍ਹਾਂ ਦੇ ਵਿਰੋਧੀ ਧਡ਼ੇ ਵਿਚ ਹਲਚਲ ਪੈਦਾ ਹੋ ਗਈ ਹੈ। ਕਿਆਸ ਲਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਨੇ ਇਸ ਮੁਲਾਕਾਤ ਦੌਰਾਨ ਰਾਜਪਾਲ ਨਾਲ ਕੈਬਨਿਟ ਵਿਚ ਫੇਰਬਦਲ ਸਬੰਧੀ ਚਰਚਾ ਕੀਤੀ ਹੈ। ਅਹਿਮ ਗੱਲ ਇਹ ਹੈ ਕਿ ਮੁੱਖ ਮੰਤਰੀ ਰਾਜਪਾਲ ਨੂੰ ਮਿਲਣ ਉਦੋਂ ਗਏ ਜਦੋਂ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਉਹ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।

ਹਾਲਾਂਕਿ ਅਧਿਕਾਰਕ ਤੌਰ ’ਤੇ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਸਰਕਾਰ ਦੇ ਅਧਿਕਾਰੀਆਂ ਨੂੰ ਰਾਜਪਾਲ ਨਾਲ ਮਿਲਵਾਉਣ ਲਈ ਰਾਜ ਭਵਨ ਗਏ ਸਨ ਜੋ ਕਿ ਇਕ ਰਸਮ ਹੈ। ਉਧਰ ਮੁੱਖ ਮੰਤਰੀ ਦੇ ਰਾਜਪਾਲ ਨਾਲ ਮਿਲਣ ਦੀ ਖਬਰ ਨਾਲ ਕੈਪਟਨ ਦਾ ਵਿਰੋਧੀ ਧਡ਼ਾ ਬੇਚੈਨ ਹੋ ਗਿਆ ਹੈ ਕਿਉਂਕਿ 2 ਦਿਨ ਪਹਿਲਾਂ ਵੀ ਮੁੱਖ ਮੰਤਰੀ ਤੇ ਕਾਗੰਰਸ ਦੇ ਸੂਬਾ ਇੰਚਾਰਜ ਹਰੀਸ਼ ਰਾਵਤ ਵਿਚਕਾਰ ਹੋਈ ਮੀਟਿੰਗ ਦੌਰਾਨ ਵੀ ਇਹ ਮਾਮਲਾ ਸਾਹਮਣੇ ਆਇਆ ਸੀ ਕਿ ਮੁੱਖ ਮੰਤਰੀ ਕੈਬਨਿਟ ਵਿਚ ਫੇਰਬਦਲ ਕਰਨਾ ਚਾਹੁੰਦੇ ਹਨ। ਹਾਲਾਂਕਿ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੀਟਿੰਗ ਵਿਚ ਕਿਸੇ ਵੀ ਤਰ੍ਹਾਂ ਦੀ ਅਹਿਮ ਗੱਲ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਇਹ ਜ਼ਰੂਰ ਕਿਹਾ ਸੀ ਕਿ ਸਹੀ ਸਮਾਂ ਆਉਣ ਦੇ ਬਾਅਦ ਹੀ ਮੁੱਖ ਮੰਤਰੀ ਫੇਰਬਦਲ ਦਾ ਫੈਸਲਾ ਕਰਨਗੇ।

ਦੱਸਣਯੋਗ ਹੈ ਕਿ ਇਸ ਫੇਰਬਦਲ ਵਿਚ ਵਿਰੋਧੀ ਧਿਰ ਦੇ ਦੋ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਵਿਦੰਰ ਸਿੰਘ ਸਰਕਾਰੀਆ ’ਤੇ ਤਲਵਾਰ ਲਟਕ ਰਹੀ ਹੈ। ਜਦਕਿ ਕੈਪਟਨ ਖਿਲਾਫ ਬੇਭਰੋਸਗੀ ਪ੍ਰਗਟ ਕਰਨ ਵਾਲਿਆਂ ਵਿਚ ਉਕਤ ਮੰਤਰੀਆਂ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ।

MUST READ