‘ਮੁਲਾਕਾਤ ਜੰਗਲਾ’ ਵਿਚ ਹੀ ਹੋਈ ਇਹ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਇਹ ਮੁਲਾਕਾਤ ‘ਮੁਲਾਕਾਤ ਜੰਗਲਾ’ ਵਿੱਚ ਹੋਈ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ ਅਤੇ ਉਹ ਜੇਲ੍ਹ ਨੰਬਰ 2 ਵਿੱਚ ਕੈਦ ਹਨ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲਬਾਤ ਹੋਈ ਹੈ।
ਜੇਲ੍ਹ ਅਧਿਕਾਰੀ ਦੇ ਦੱਸਣ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਇਸ ਤੋਂ ਪਹਿਲਾਂ ਲੰਘੇ ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੈ ਸਿੰਘ ਨੇ ਆਰੋਪ ਲਗਾਇਆ ਸੀ ਕਿ ਤਿਹਾੜ ਜੇਲ੍ਹ ਦਾ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਭਗਵੰੰਤ ਮਾਨ ਨੂੰ ਵਿਅਕਤੀਗਤ ਤੌਰ ’ਤੇ ਮਿਲਣ ਨਹੀਂ ਦੇ ਰਿਹਾ ਹੈ। ਹਾਲਾਂਕਿ ਕਿ ਅਧਿਕਾਰੀਆਂ ਨੇ ਕਿਹਾ ਸੀ ਕਿ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਹੋਰ ਹਫ਼ਤੇ ਵਿੱਚ ਦੋ ਵਾਰ ਇਸੇ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲਦੇ ਰਹੇ ਹਨ।