ਲਾਲ ਕਿਲਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਨੈਸ਼ਨਲ ਡੈਸਕ:– ਗਣਤੰਤਰ ਦਿਵਸ ਮੌਕੇ ਲਾਲ ਕਿਲਾ ‘ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਭਿਨੇਤਾ-ਕਾਰਜਕਰਤਾ ਦੀਪ ਸਿੱਧੂ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਦੀ ਤੀਹ ਹਜ਼ਾਰੀ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖਿਆ ਸੀ। ਸੁਣਵਾਈ ਦੌਰਾਨ ਦੀਪ ਸਿੱਧੂ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ।

ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ, ਮਹਿਜ਼ ਹਾਜ਼ਰੀ ਹੀ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਕਰਨ ਦਾ ਦੋਸ਼ ਨਹੀਂ ਲਾਉਂਦੀ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਸੀ। ਦਿੱਲੀ ਪੁਲਿਸ ਦੀ ਤਰਫੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ, ਸਿੱਧੂ ਨੇ ਹਿੰਸਾ ਨੂੰ ਅੰਜਾਮ ਦੇਣ ਅਤੇ ਰਾਸ਼ਟਰੀ ਝੰਡੇ ਦੀ ਬੇਅਦਬੀ ਕਰਨ ਦੇ ਉਦੇਸ਼ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ ਅਤੇ ਲੋਕਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਲਾਮਬੰਦ ਕਰਨ ਵਿੱਚ ਉਸਦੀ ਵੱਡੀ ਭੂਮਿਕਾ ਸੀ।
ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਉੱਤੇ ਹੋਈ ਹਿੰਸਾ ਦੇ ਮਾਮਲੇ ਵਿੱਚ 9 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਕਾਰੀ ਵਕੀਲ ਨੇ ਜ਼ਮਾਨਤ ਅਰਜ਼ੀ ਦਾ ਦਾਅਵਾ ਕਰਦਿਆਂ ਕਿਹਾ ਕਿ, ਜੇ ਸਿੱਧੂ ਨੂੰ ਰਿਹਾ ਕਰ ਦਿੱਤਾ ਗਿਆ ਤਾਂ ਉਹ ਸਬੂਤਾਂ ਨੂੰ ਨਸ਼ਟ ਕਰ ਦੇਣਗੇ, ਕਿਉਂਕਿ ਉਨ੍ਹਾਂ ਨੂੰ ਫੜਨ ਤੋਂ ਪਹਿਲਾਂ ਉਸ ਨੇ ਦੋ ਫੋਨ ਨਸ਼ਟ ਕਰ ਦਿੱਤੇ ਸਨ। ਉਸਨੇ ਅਦਾਲਤ ਨੂੰ ਦੱਸਿਆ ਕਿ, 25 ਜਨਵਰੀ ਤੋਂ ਪਹਿਲਾਂ ਸਿੱਧੂ ਨੇ ਮੀਡੀਆ ਨੂੰ ਇੱਕ ਇੰਟਰਵਿਊ ਦਿੱਤਾ ਅਤੇ ਕਿਹਾ, “26 (ਜਨਵਰੀ) ਆ ਰਹੀ ਹੈ … ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣਾ ਚਾਹੀਦਾ ਹੈ।”

ਵਕੀਲ ਨੇ ਦਾਅਵਾ ਕੀਤਾ ਕਿ, ਸਿੱਧੂ ਨੂੰ ਪਤਾ ਸੀ ਕਿ, ਸਿੰਘੂ ਸਰਹੱਦ ‘ਤੇ ਪ੍ਰਦਰਸ਼ਨਕਾਰੀ ਨਿਰਧਾਰਤ ਰਸਤੇ ਦੀ ਪਾਲਣਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ, ਰਸਤੇ ’ਤੇ ਚੱਲਣ ਦਾ ਕੋਈ ਇਰਾਦਾ ਨਹੀਂ ਸੀ। ਸਾਡੇ ਦੇਸ਼ ਨੂੰ ਬਦਨਾਮ ਕਰਨ ਦੀ ਯੋਜਨਾ ਸੀ। ਉਨ੍ਹਾਂ ਨੇ ਸਾਡੇ ਰਾਸ਼ਟਰੀ ਝੰਡੇ ਦੀ ਬੇਇੱਜ਼ਤੀ ਕੀਤੀ, ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ।… 144 ਤੋਂ ਵੱਧ ਪੁਲਿਸ ਵਾਲੇ ਜ਼ਖਮੀ ਹੋ ਗਏ। ਸਿੱਧੂ ਦੇ ਵਕੀਲ ਨੇ ਦੋਸ਼ ਲਾਇਆ ਕਿ, ਇੰਟਰਵਿਊ ਦੇ ਅੰਸ਼ਾਂ ਨੂੰ ਪ੍ਰਸੰਗ ਤੋਂ ਹਟਾ ਦਿੱਤਾ ਗਿਆ ਹੈ।