‘ਸਾਂਝ ਰਾਹਤ ਪ੍ਰਾਜੈਕਟ’ ਦਾ ਕੀਤਾ ਗਿਆ ਆਗਾਜ਼
ਚੰਡੀਗੜ੍ਹ : ਪੰਜਾਬ ਪੁਲਿਸ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਮਦਦ ਲਈ ਨਵੀਂ ਪਹਿਲਕਦਮੀ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰਾਜੈਕਟ’ ਦੀ ਸ਼ੁਰੂਆਤ ਕੀਤੀ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਘਰੇਲੂ ਹਿੰਸਾ ਦੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਹਿੰਸਾ-ਮੁਕਤ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਇਹ ਪ੍ਰਾਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫੈਸਲਾ ਲੈਣ ਵਿੱਚ ਮਦਦ ਕਰੇਗਾ।
ਇਸ ਪ੍ਰਾਜੈਕਟ ਵਿੱਚ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਸ਼ਾਮਲ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਪਾਇਲਟ ਪ੍ਰੋਗਰਾਮ ਵਜੋਂ ਸ਼ੁਰੂ ਕੀਤਾ ਗਿਆ ਹੈ ਅਤੇ ਇਸਦਾ ਕੁਝ ਸਮੇਂ ਬਾਅਦ ਸੂਬੇ ਭਰ ’ਚ ਵਿਸਥਾਰ ਕੀਤਾ ਜਾਵੇਗਾ।