ਪ੍ਰੇਮ, ਸ਼ਾਂਤੀ ਅਤੇ ਭਾਈਚਾਰੇ ਨੂੰ ਇਕ ਮੌਕਾ ਦਿਓ : ਡਾ. ਮਨਮੋਹਨ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਵੋਟਰਾਂ ਦੇ ਨਾਮ ਪੱਤਰ ਲਿਖਿਆ ਹੈ। ਇਸ ਵਿਚ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰੇਮ, ਸ਼ਾਂਤੀ ਅਤੇ ਭਾਈਚਾਰੇ ਨੂੰ ਇਕ ਮੌਕਾ ਦਿਓ। ਡਾ. ਮਨਮੋਹਨ ਸਿੰਘ ਨੇ ਇਸ ਪੱਤਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਚੋਣਾਂ ਦੇ ਦੌਰਾਨ ਹੇਟ ਸਪੀਚ ਦਾ ਸਭ ਤੋਂ ਘਿਨੌਣਾ ਤਰੀਕਾ ਅਪਣਾਇਆ ਹੈ।
ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਸਮਾਜ ਦੇ ਇਕ ਖਾਸ ਵਰਗ ਜਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਦੇ ਲਈ ਅਜਿਹੇ ਘਿਨੌਣੇ ਸ਼ਬਦ ਨਹੀਂ ਵਰਤੇ ਹਨ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਪ੍ਰਧਾਨ ਮੰਤਰੀ ਅਹੁਦੇ ਦੀ ਸ਼ਾਖ ਅਤੇ ਗੰਭੀਰਤਾ ਨੂੰ ਘੱਟ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਆਪਣੇ ਸੰਵਿਧਾਨ ਅਤੇ ਲੋਕਤੰਤਰ ਨੂੰ ਤਾਨਾਸ਼ਾਹੀ ਸਰਕਾਰ ਤੋਂ ਬਚਾਉਣ ਦਾ ਇਹ ਆਖਰੀ ਮੌਕਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਦੇ ਮੁਕਾਬਲੇ ਕਾਂਗਰਸ ਦੇ ਸਮੇਂ ਖੇਤੀਬਾੜੀ ਵਿੱਚ ਦੁੱਗਣਾ ਵਾਧਾ ਹੋਇਆ ਸੀ।