ਕਿਸਾਨਾਂ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਮਨਾਇਆ ਹੋਲੀ ਦਾ ਤਿਉਹਾਰ
ਪੰਜਾਬੀ ਡੈਸਕ:– ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਕਿਹਾ ਕਿ, ਐਤਵਾਰ ਨੂੰ ਹੋਲੀਕਾ ਦਹਨ ਦੌਰਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾ ਰਹੇ ਕਿਸਾਨਾਂ ਨੇ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਦਿੱਤੀਆਂ। ਮੋਰਚੇ ਨੇ ਇੱਕ ਬਿਆਨ ਵਿੱਚ ਕਿਹਾ ਕਿ, ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸਰਹੱਦਾਂ ’ਤੇ ਹੋਲੀ ਦਾ ਤਿਉਹਾਰ ਮਨਾਇਆ ਅਤੇ ਇਹ ਯਕੀਨੀ ਬਣਾਇਆ ਕਿ, ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਮੋਰਚੇ ਨੇ ਕਿਹਾ ਕਿ, ਐਫਸੀਆਈ ਬਚਾਓ ਦਿਵਸ 5 ਅਪ੍ਰੈਲ ਨੂੰ ਮਨਾਇਆ ਜਾਵੇਗਾ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਦੇ ਦਫਤਰਾਂ ਨੂੰ ਦੇਸ਼ ਭਰ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਘੇਰਿਆ ਜਾਵੇਗਾ।

ਬਿਆਨ ‘ਚ ਕਿਹਾ ਗਿਆ ਹੈ, ” ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਅਤੇ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਨੂੰ ਖਤਮ ਕਰਨ ਲਈ ਅਸਿੱਧੇ ਤੌਰ ‘ਤੇ ਕਈ ਕੋਸ਼ਿਸ਼ਾਂ ਕੀਤੀਆਂ ਹਨ। ਪਿਛਲੇ ਕੁਝ ਸਾਲਾਂ ਵਿੱਚ, ਐਫਸੀਆਈ ਦਾ ਬਜਟ ਵੀ ਘੱਟ ਗਿਆ ਹੈ। ਹਾਲ ਹੀ ਵਿੱਚ, ਐਫਸੀਆਈ ਨੇ ਫਸਲਾਂ ਦੀ ਖਰੀਦ ਦੇ ਨਿਯਮਾਂ ਵਿੱਚ ਵੀ ਤਬਦੀਲੀ ਕੀਤੀ ਹੈ। ਐਸਕੇਐਮ ਨੇ ਹਰਿਆਣਾ ਵਿਧਾਨ ਸਭਾ ਵਿੱਚ ਜਨਤਕ ਜਾਇਦਾਦ ਮੁਆਵਜ਼ਾ ਵਸੂਲੀ ਬਿੱਲ -2021 ਪਾਸ ਹੋਣ ਦੀ ਨਿੰਦਾ ਕਰਦਿਆਂ ਕਿਹਾ ਕਿ, ਇਸਦਾ ਉਦੇਸ਼ ਅੰਦੋਲਨ ਨੂੰ ਦਬਾਉਣਾ ਹੈ।
ਹੋਲਾ ਮੁਹੱਲਾ ਦੇ ਤਿਉਹਾਰ ਵਿੱਚ ਕਿਸਾਨਾਂ ਨੇ ਕੀਤੀ ਸ਼ਿਰਕਤ
ਇਸ ਦੇ ਨਾਲ ਹੀ, ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਪੰਜਾਬ ਦੇ ਅਨੰਦਪੁਰ ਸਾਹਿਬ ਵਿੱਚ ਹੋਲਾ ਮੁਹੱਲਾ ਤਿਉਹਾਰ ਵਿਖੇ ਇੱਕ ਮੀਟਿੰਗ ਕੀਤੀ। ਕਿਸਾਨਾ ਦਾ ਮਹਾਕੁੰਭ ‘ਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਸ਼ਿਰਕਤ ਕੀਤੀ, ਜਿਸ ਨੂੰ ਕਿਸਾਨ ਯੂਨੀਅਨਾਂ ਦੇ ਸੀਨੀਅਰ ਨੇਤਾਵਾਂ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ, ਕਿਸਾਨ ਚਾਰ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ। ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ ਕਿ, ਤਿੰਨ ਖੇਤੀਬਾੜੀ ਕਾਨੂੰਨ ਛੋਟੇ ਵਪਾਰੀ ਸਣੇ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਤ ਕਰਨਗੇ।